ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਇਸ ਵਰਤਾਰੇ ਨੂੰ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰ ਸਕਦੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮਾਮਲੇ ਸਬੰਧੀ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸਕੱਤਰੇਤ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐੱਨਐੱਸਏ ਤੁਰੰਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੇ ਵਿਸ਼ੇਸ਼ ਕਾਨੂੰਨ ਬਣਾਉਣ ਦੇ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਪਰੰਤੂ ਜੇਕਰ ਸਿੱਖਾਂ ਨੂੰ ਦਬਾਉਣ ਦੀ ਗੱਲ ਹੋਵੇ ਤਾਂ ਐੱਨਐੱਸਏ ਵਰਗੇ ਕਠੋਰ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।

Share: