ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਤੇ ਇਸ ਵਿਚ ਸ਼ਾਮਲ ਸਾਜ਼ਿਸ਼ਘਾੜਿਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਪੀੜਤਾਂ ਨੂੰ ਇਨਸਾਫ਼ ਮਿਲੇਗਾ।
ਸ੍ਰੀ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਤਿਵਾਦ ਖ਼ਿਲਾਫ਼ ਲੜਾਈ ਵਿਚ ਭਾਰਤੀਆਂ ਦੀ ਇਕਜੁੱਟਤਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਦਰਦ ਨਾਲ ਭਰਿਆ ਹੈ ਤੇ ਹਰੇਕ ਭਾਰਤੀ ਇਸ ਅਤਿਵਾਦੀ ਹਮਲੇ ਨੂੰ ਲੈ ਕੇ ਗੁੱਸੇ ਵਿਚ ਹੈ। ਮੰਗਲਵਾਰ ਨੂੰ ਹੋਏ ਇਸ ਦਹਿਸ਼ਤੀ ਹਮਲੇ ਵਿਚ 26 ਨਾਗਰਿਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਬਹੁਤੇ ਸੈਲਾਨੀ ਸਨ।
ਸ੍ਰੀ ਮੋਦੀ ਨੇ ਕਿਹਾ ਕਿ ਇਹ ਘਟਨਾ ਅਤਿਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਦੀ ਨਿਰਾਸ਼ਾ ਅਤੇ ਬੁਜ਼ਦਿਲੀ ਨੂੰ ਦਰਸਾਉਂਦੀ ਹੈ, ਤੇ ਅਜਿਹੇ ਮੌਕੇ ਘਟੀ ਹੈ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਵਾਪਸ ਆ ਰਹੀ ਸੀ, ਸੈਰ-ਸਪਾਟੇ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਸਨ।
ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਪਸੰਦ ਨਹੀਂ ਆਇਆ, ਉਹ ਚਾਹੁੰਦੇ ਹਨ ਕਿ ਵਾਦੀ ਦੁਬਾਰਾ ਤਬਾਹ ਹੋ ਜਾਵੇ। ਉਨ੍ਹਾਂ ਕਿਹਾ, ‘‘ਅਤਿਵਾਦ ਵਿਰੁੱਧ ਜੰਗ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਏਕਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ।’’ ਉਨ੍ਹਾਂ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ ਹਮਲੇ ਵਿਰੁੱਧ ਇੱਕ ਆਵਾਜ਼ ਵਿੱਚ ਬੋਲ ਰਿਹਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤਿਵਾਦ ਵਿਰੁੱਧ ਫੈਸਲਾਕੁਨ ਲੜਾਈ ਦਾ ਸਭ ਤੋਂ ਵੱਡਾ ਆਧਾਰ ਹੈ। ਉਨ੍ਹਾਂ ਕਿਹਾ ਕਿ ਕੋਈ ਵਿਅਕਤੀ ਕਿਸੇ ਵੀ ਰਾਜ ਵਿੱਚ ਰਹਿੰਦਾ ਹੈ ਅਤੇ ਕੋਈ ਵੀ ਭਾਸ਼ਾ ਬੋਲਦਾ ਹੈ, ਹਰ ਕਿਸੇ ਨੂੰ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ।
ਮਾਸਿਕ ਰੇਡੀਓ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਵਿਗਿਆਨੀ ਅਤੇ ਸਾਬਕਾ ਇਸਰੋ ਮੁਖੀ ਕੇ ਕਸਤੂਰੀਰੰਗਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।