ਨਸ਼ਾ ਤਸਕਰ ਵੱਲੋਂ ਉਸਾਰੀਆਂ ਚਾਰ ਦੁਕਾਨਾਂ ਢਾਹੀਆਂ

ਨਸ਼ਾ ਤਸਕਰ ਵੱਲੋਂ ਉਸਾਰੀਆਂ ਚਾਰ ਦੁਕਾਨਾਂ ਢਾਹੀਆਂ

ਪਟਿਆਲਾ : ਨਸ਼ਾ ਤਸਕਰੀ ਦੇ ਕੇਸ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਥਾਣਾ ਅਰਬਨ ਅਸਟੇਟ ਦੇ ਖ਼ੇਤਰ ਵਿੱਚ ਪੈਂਦੇ ਬਾਬਾ ਦੀਪ ਸਿੰਘ ਨਗਰ ਵਾਸੀ ਦੇ ਘਰ ਵਿਚਲੀਆਂ ਚਾਰ ਦੁਕਾਨਾਂ ਨੂੰ ਅੱਜ ਢਾਹ ਦਿੱਤਾ ਗਿਆ ਹੈ। ਇਸ ਕਾਰਵਾਈ ਨੂੰ ਨਗਰ ਨਿਗਮ ਦੀ ਟੀਮ ਨੇ ਪੁਲੀਸ ਦੀ ਮੌਜੂਦਗੀ ਵਿੱਚ ਅੰਜਾਮ ਦਿੱਤਾ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਗੁਰਤੇਜ ਸਿੰਘ ਵੱਲੋਂ ਘਰ ’ਚ ਨਾਜਾਇਜ਼ ਢੰਗ ਨਾਲ ਚਾਰ ਦੁਕਾਨਾਂ ਬਣਾਈਆਂ ਗਈਆਂ ਸਨ। ਉਧਰ, ਇਸ ਮੌਕੇ ਮੌਜੂਦ ਥਾਣਾ ਅਰਬਨ ਅਸਟੇਟ ਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੁਰਤੇਜ ਸਿੰਘ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ’ਚ ਦੋ ਐੱਫਆਈਆਰ ਦਰਜ ਸਨ। ਇਸ ਸਮੇਂ ਉਹ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ। ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

ਪ੍ਰਸ਼ਾਸਨ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਰਹੱਦੀ ਪਿੰਡ ਮੋਦੇ ਦੇ ਕਥਿਤ ਨਸ਼ਾ ਤਸਕਰ ਰਣਜੀਤ ਸਿੰਘ ਦਾ ਘਰ ਢਾਹ ਦਿੱਤਾ ਹੈ। ਇਸ ਮੌਕੇ ਐੱਸਪੀ (ਡੀ) ਆਦਿੱਤਿਆ ਵਾਰੀਅਰ ਨੇ ਦੱਸਿਆ ਕਿ ਰਣਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਛੇ ਕੇਸ ਐੱਨਡੀਪੀਐੱਸ ਐਕਟ ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੇ ਯੁੱਧ ਤਹਿਤ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜੰਗੀ ਪੱਧਰ ’ਤੇ ਚੱਲ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਮਨਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਇਹ ਗ਼ੈਰਕਾਨੂੰਨੀ ਕੰਮ ਛੱਡਣ ਲਈ ਕਿਹਾ ਹੈ।

Share: