ਗੁਰਦਾਸਪੁਰ : ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਨੂੰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲੈਣ ਮੌਕੇ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਇਲਾਵਾ ਕਿਸਾਨ ਬੀਬੀਆਂ ਤੇ ਲੋਕਾਂ ਨੇ ਪੁਲੀਸ ਫੋਰਸ ਦੀ ਮੌਜੂਦਗੀ ਦੇ ਬਾਵਜੂਦ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪ੍ਰਸ਼ਾਸਨਿਕ ਟੀਮਾਂ ਨਾਲ ਝੜਪ ਵੀ ਹੋਈ। ਨੈਸ਼ਨਲ ਹਾਈਵੇਅ ਕੰਢੇ ਵੱਡੀਆਂ ਪੋਕਲੇਨ ਮਸ਼ੀਨਾਂ ਰਾਹੀਂ ਜ਼ਮੀਨਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਨ੍ਹਾਂ ਮਸ਼ੀਨਾਂ ਨਾਲ ਕਬਜ਼ੇ ਵਾਲੀਆਂ ਜ਼ਮੀਨਾਂ ਦੇ ਬਾਹਰਲੇ ਪਾਸੇ ਡੂੰਘੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨ ਦੁਬਾਰਾ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਨਾ ਕਰ ਸਕਣ।
ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਲਖਵਿੰਦਰ ਸਿੰਘ ਕਾਲਾ ਬਾਲਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਇਨ੍ਹਾਂ ਕਬਜ਼ਿਆਂ ਦਾ ਵਿਰੋਧ ਕੀਤਾ। ਬੀਬੀ ਹਰਜੀਤ ਕੌਰ ਨੈਣੇਕੋਟ ਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਪੰਜਾਬ ਪੁਲੀਸ ਦੀ ਕਾਰਵਾਈ ਦਾ ਵਿਰੋਧ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਉਨ੍ਹਾਂ ਨਾਲ ਖਿੱਚ-ਧੂਹ ਕੀਤੀ ਗਈ ਹੈ ਅਤੇ ਬਹੁਤ ਸਾਰੇ ਕਿਸਾਨਾਂ ’ਤੇ ਜ਼ੁਲਮ ਕਰਦਿਆਂ ਉਨ੍ਹਾਂ ਨੂੰ ਗੱਡੀਆਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਉੱਥੇ ਪਹੁੰਚੇ ਏਡੀਸੀ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲੀਸ ਫੋਰਸ ਅਤੇ ਸਿਵਲ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਮਸਲਿਆਂ ਨੂੰ ਦੇਖਦੇ ਹੋਏ ਹੱਲ ਕਰਨ ਦਾ ਵੀ ਦਾਅਵਾ ਕੀਤਾ।
ਮੁਸ਼ਤਰਕਾ ਖਾਤੇ ਕਿਸਾਨਾਂ ਦੀ ਸਮੱਸਿਆ ਦਾ ਕਾਰਨ: ਏਡੀਸੀ
ਏਡੀਸੀ (ਗੁਰਦਾਸਪੁਰ) ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੇ ਜ਼ਮੀਨ ਦੇ ਖਾਤੇ ਸਾਂਝੇ ਹਨ, ਉਨ੍ਹਾਂ ਵਿੱਚ ਰਕਮਾਂ ਆਉਣ ਕਾਰਨ ਮਸਲੇ ਬਣ ਰਹੇ ਹਨ ਅਤੇ ਕੁਝ ਕਿਸਾਨਾਂ ਦੇ ਮਾਲ ਵਿਭਾਗ ਵਿੱਚ ਰਹਿੰਦੀਆਂ ਊਣਤਾਈਆਂ ਕਾਰਨ ਵੀ ਮਸਲੇ ਬਣੇ ਹਨ। ਏਡੀਸੀ ਨੇ ਦਾਅਵਾ ਕੀਤਾ ਕਿ ਸਾਰੇ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਬਣਦੀਆਂ ਰਕਮਾਂ ਪਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪੁਲੀਸ ਜਾਂ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਜਾਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਕਿਸੇ ਨੂੰ ਵੀ ਧੱਕੇਸ਼ਾਹੀ ਕਰਨ ਦਾ ਅਖ਼ਤਿਆਰ ਨਹੀਂ ਦਿੱਤਾ ਜਾ ਸਕਦਾ।
ਮਾਲੇਰਕੋਟਲਾ ’ਚ ਜ਼ਮੀਨ ਦਾ ਵਿਵਾਦ ਸੁਲਝਿਆ
ਮਾਲੇਰਕੋਟਲਾ: ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਆਉਂਦੇ 1.34 ਕਿਲੋਮੀਟਰ ਹਿੱਸੇ ਦੀ ਉਸਾਰੀ ਜਲਦੀ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਅੱਜ ਜ਼ਿਲ੍ਹਾ ਪੁਲੀਸ ਪ੍ਰਬੰਧਕੀ ਕੰਪਲੈਕਸ ’ਚ ਪੁਲੀਸ ਅਧਿਕਾਰੀਆਂ ਤੇ ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂਆਂ ਦੀ ਕਈ ਘੰਟੇ ਚੱਲੀ ਮੀਟਿੰਗ ਦੌਰਾਨ ਬਣੀ ਸਹਿਮਤੀ ਉਪਰੰਤ ਕਿਸਾਨ ਆਗੂਆਂ ਨੇ 26 ਜੁਲਾਈ 2022 ਤੋਂ ਪਿੰਡ ਰਾਣਵਾਂ ਵਿੱਚ ਲਾਇਆ ਪੱਕਾ ਮੋਰਚਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਮਪੁਰ ਅਤੇ ਜਗਤਾਰ ਸਿੰਘ ਸਰੌਦ ਨੇ ਦੱਸਿਆ ਕਿ ਐੱਸਐੱਸਪੀ ਮਾਲੇਰਕੋਟਲਾ ਗਗਨਅਜੀਤ ਸਿੰਘ, ਐੱਸਪੀ (ਆਈ) ਰਛਪਾਲ ਸਿੰਘ ਢੀਂਡਸਾ, ਡੀਐੱਸਪੀ ਮਾਲੇਰਕੋਟਲਾ ਕੁਲਦੀਪ ਸਿੰਘ, ਡੀਐੱਸਪੀ ਅਹਿਮਦਗੜ੍ਹ ਰਾਜਨ ਸ਼ਰਮਾ ਤੇ ਇੰਸਪੈਕਟਰ ਗਗਨਦੀਪ ਸਿੰਘ ਨੇ ਸਾਰੇ ਪ੍ਰਭਾਵਿਤ ਕਿਸਾਨਾਂ ਦੇ ਮਸਲੇ 15 ਦਿਨਾਂ ਅੰਦਰ ਮੁਕੰਮਲ ਰੂਪ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਬਿਜਲੀ ਮੋਟਰਾਂ, ਸਿੰਜਾਈ ਖਾਲ਼ਾਂ ਅਤੇ ਰਸਤਿਆਂ ਦੇ ਸਾਰੇ ਮਸਲੇ ਵੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇ ਪ੍ਰਸ਼ਾਸਨ ਨੇ ਆਪਣੇ ਵਾਅਦੇ ਮੁਤਾਬਕ ਸਾਰੇ ਮਸਲੇ 15 ਦਿਨਾਂ ਅੰਦਰ ਹੱਲ ਨਾ ਕੀਤੇ ਤਾਂ ਉਸੇ ਜਗ੍ਹਾ ਮੁੜ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਡੀਐੱਸਪੀ ਅਹਿਮਦਗੜ੍ਹ ਰਾਜਨ ਸ਼ਰਮਾ ਨੇ ਦਾਅਵਾ ਕੀਤਾ ਕਿ ਸੜਕੀ ਪ੍ਰਾਜੈਕਟ ਨਾਲ ਸਬੰਧਤ ਸਾਰੇ ਜ਼ਮੀਨੀ ਵਿਵਾਦ ਆਪਸੀ ਸਹਿਮਤੀ ਨਾਲ ਹੱਲ ਹੋ ਗਏ ਹਨ।