ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿੱਚ ਅੱਜ ਮੀਂਹ ਤੇ ਗੜੇਮਾਰੀ ਹੋਈ। ਮੀਂਹ ਕਰਕੇ ਸੂਬੇ ਦਾ ਤਾਪਮਾਨ ਵੀ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਭਿੱਜ ਗਈ ਅਤੇ ਕਈ ਥਾਵਾਂ ’ਤੇ ਵਾਧੂ ਮੀਂਹ ਪੈਣ ਕਰਕੇ ਮੰਡੀਆਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਸਮੇਂ ਬਠਿੰਡਾ ਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਰੋਪੜ ਇਲਾਕੇ ਵਿੱਚ ਮੀਂਹ ਪਿਆ ਹੈ। ਉੱਧਰ ਮੌਸਮ ਵਿਭਾਗ ਨੇ ਪੰਜਾਬ ਵਿੱਚ ਇਹ ਪੂਰਾ ਹਫ਼ਤਾ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ 5 ਮਈ ਨੂੂੰ ਓਰੈਂਜ ਅਲਰਟ ਅਤੇ ਅਗਲੇ 4-5 ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਗਰਜ਼ ਤੇ ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਦਰਮਿਆਨਾ ਮੀਂਹ ਪੈ ਸਕਦਾ ਹੈ।
ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ। ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਭਾਵੇਂ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਲਿਫਟਿੰਗ ਹੌਲੀ ਹੋਣ ਕਰਕੇ ਮੰਡੀਆਂ ਵਿੱਚ ਲੱਗੇ ਕਣਕੇ ਦੇ ਢੇਰ ਭਿੱਜ ਗਏ ਹਨ। ਮੀਂਹ ਕਰਕੇ ਸਰਕਾਰ ਵੱਲੋਂ ਖਰੀਦੀ ਗਈ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਹਾਲੇ ਪੰਜਾਬ ਵਿੱਚ ਕੁਝ ਕੁ ਕਿਸਾਨਾਂ ਵੱਲੋਂ ਆਪਣੀ ਫ਼ਸਲ ਵੇਚੀ ਨਹੀਂ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਜ਼ਰੂਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।