ਸੁਪਰੀਮ ਕੋਰਟ ਵੱਲੋਂ ਵਕਫ਼ (ਸੋਧ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਭਲਕੇ

ਸੁਪਰੀਮ ਕੋਰਟ ਵੱਲੋਂ ਵਕਫ਼ (ਸੋਧ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਭਲਕੇ

ਨਵੀਂ ਦਿੱਲੀ : ਦੇਸ਼ ਦੀ ਸਰਵਉਚ ਅਦਾਲਤ ਵਕਫ਼ (ਸੋਧ) ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਬਾਰੇ ਪੰਜ ਮਈ ਨੂੰ ਸੁਣਵਾਈ ਕਰੇਗੀ। ਇਸ ਸੋਧ ਐਕਟ ਦੇ ਪਾਸ ਹੋਣ ਤੋਂ ਬਾਅਦ ਇਸ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਸੀ ਤੇ ਇਸ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨਾਂ ਪਾਈਆਂ ਗਈਆਂ ਸਨ। ਇਸ ਤੋਂ ਬਾਅਦ ਕੇਂਦਰ ਨੇ 17 ਅਪਰੈਲ ਨੂੰ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਸੀ ਕਿ ਉਹ 5 ਮਈ ਤੱਕ ਨਾ ਤਾਂ ਵਕਫ਼ ਸੰਪਤੀਆਂ ਨੂੰ ਡੀਨੋਟੀਫਾਈ ਕਰੇਗਾ ਅਤੇ ਨਾ ਹੀ ਕੇਂਦਰੀ ਵਕਫ਼ ਕੌਂਸਲ ਅਤੇ ਬੋਰਡਾਂ ਵਿੱਚ ਕੋਈ ਨਿਯੁਕਤੀ ਕੀਤੀ ਜਾਵੇਗੀ।

ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੂੰ ਸੂਚਿਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਸੰਸਦ ਵਲੋਂ ਉਚਿਤ ਵਿਚਾਰ-ਵਟਾਂਦਰੇ ਨਾਲ ਪਾਸ ਕੀਤੇ ਗਏ ਕਾਨੂੰਨ ਨੂੰ ਸਰਕਾਰ ਦੀ ਸੁਣਵਾਈ ਤੋਂ ਬਿਨਾਂ ਰੋਕਿਆ ਨਹੀਂ ਜਾਣਾ ਚਾਹੀਦਾ। ਕੇਂਦਰ ਨੇ ਕੇਂਦਰੀ ਵਕਫ਼ ਕੌਂਸਲ ਅਤੇ ਬੋਰਡਾਂ ਵਿੱਚ ਗੈਰ-ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਆਗਿਆ ਦੇਣ ਵਾਲੇ ਪ੍ਰਬੰਧ ਨੂੰ ਰੋਕਣ ਤੋਂ ਇਲਾਵਾ ਵਕਫ਼ ਸੰਪਤੀਆਂ ਦੇ ਡੀਨੋਟੀਫੀਕੇਸ਼ਨ ਵਿਰੁੱਧ ਅੰਤਰਿਮ ਆਦੇਸ਼ ਪਾਸ ਕਰਨ ਦੇ ਸੁਪਰੀਮ ਕੋਰਟ ਦੇ ਪ੍ਰਸਤਾਵ ਦਾ ਵੀ ਸਖ਼ਤ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਜਵਾਬ ਦਾਖ਼ਲ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ ਅਤੇ ਮਾਮਲੇ ਦੀ ਸੁਣਵਾਈ 5 ਮਈ ਨੂੰ ਪਾ ਦਿੱਤੀ ਸੀ।

Share: