ਰਾਹੁਲ ਦੀ ਨਾਗਰਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਬੇੜਾ

ਲਖਨਊ : ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਅੱਜ ਨਿਬੇੜਾ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਰ ਨੂੰ ਹੋਰ ਕਾਨੂੰਨੀ ਰਾਹ ਅਪਣਾਉਣ ਦੀ ਛੋਟ ਦਿੱਤੀ ਹੈ। ਜਸਟਿਸ ਏਆਰ ਮਸੂਦੀ ਤੇ ਜਸਟਿਸ ਰਾਜੀਵ ਸਿੰਘ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਪਟੀਸ਼ਨਰ ਦੀ ਸ਼ਿਕਾਇਤ ਦੇ ਹੱਲ ਲਈ ਕੋਈ ਸਮਾਂ-ਸੀਮਾ ਨਹੀਂ ਦੇ ਰਹੀ। ਅਜਿਹੇ ’ਚ ਇਸ ਪਟੀਸ਼ਨ ਨੂੰ ਪੈਂਡਿੰਗ ਰੱਖਣ ਦੀ ਕੋਈ ਤੁਕ ਨਹੀਂ ਹੈ। ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਹੋਰ ਬਦਲਵੇਂ ਕਾਨੂੰਨੀ ਉਪਾਅ ਅਪਣਾਉਣ ਲਈ ਆਜ਼ਾਦ ਹੈ। ਲੰਘੀ 21 ਅਪਰੈਲ ਨੂੰ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਕੇਂਦਰ ਨੇ ਬਰਤਾਨੀਆ ਤੋਂ ਰਾਹੁਲ ਗਾਂਧੀ ਦੀ ਨਾਗਰਿਕਤਾ ਬਾਰੇ ਜਾਣਕਾਰੀ ਮੰਗੀ ਹੈ।

Share: