ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਲਕੇ 13 ਮਈ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਇਸ ਵਿੱਚ ਸਿੱਖ ਧਰਮ ਅਤੇ ਗੁਰਦੁਆਰਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਤਰਜਮਾਨ ਨੇ ਇਸ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਬਾਅਦ ਦੁਪਹਿਰ 1 ਵਜੇ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੁਟੀਨ ਮੀਟਿੰਗ ਹੈ, ਜਿਸ ਵਿੱਚ ਗੁਰਦੁਆਰਾ ਅਤੇ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ’ਤੇ ਵਿਚਾਰ ਚਰਚਾ ਹੋਵੇਗੀ।
ਦੱਸਣਯੋਗ ਹੈ ਕਿ ਇਸ ਵੇਲੇ ਦਮਦਮੀ ਟਕਸਾਲ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਬਰਖਾਸਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਦਮਦਮੀ ਟਕਸਾਲ ਅਤੇ ਉਸ ਦੀਆਂ ਹਮਖਿਆਲ ਜਥੇਬੰਦੀਆਂ ਵੱਲੋਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ 10 ਮਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀਆਂ ਸੇਵਾਵਾਂ ਬਹਾਲ ਨਾ ਕੀਤੀਆਂ ਗਈਆਂ ਤਾਂ ਉਹ 11 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਦੇ ਬਾਹਰ ਧਰਨਾ ਦੇਣਗੇ। ਇਸ ਧਰਨੇ ਦੌਰਾਨ ਗੁਰਬਾਣੀ ਦਾ ਜਾਪ ਕੀਤਾ ਜਾਵੇਗਾ।
ਦਮਦਮੀ ਟਕਸਾਲ ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ ਹੋ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਫਿਲਹਾਲ ਇਸ ਸਬੰਧੀ ਕੋਈ ਅਗਲਾ ਫ਼ੈਸਲਾ ਨਹੀਂ ਕੀਤਾ ਗਿਆ। ਦਮਦਮੀ ਟਕਸਾਲ ਵੱਲੋਂ ਇਸ ਸਬੰਧੀ ਪਹਿਲਾਂ ਵੀ ਰੋਸ ਮਾਰਚ ਕੀਤਾ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਵੀ ਦਿੱਤਾ ਗਿਆ ਸੀ।