ਨਵੀਂ ਦਿੱਲੀ : ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਦੇਸ਼ ਦੇ ਸਿਖਰਲੇ ਫੌਜੀ ਅਧਿਕਾਰੀਆਂ ਵੱਲੋਂ ਮੁਰਮੂ ਨੂੰ Operation Sindoor ਬਾਰੇ ਜਾਣਕਾਰੀ ਦਿੱਤੀ। ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਵਾਬੀ ਕਾਰਵਾਈ ਵਜੋਂ Operation Sindoor ਤਹਿਤ 6 ਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।
ਰਾਸ਼ਟਰਪਤੀ ਭਵਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਪੀ ਸਿੰਘ ਤੇ ਜਲਸੈਨਾ ਮੁਖੀ ਐਡਮਿਰਲ ਡੀ.ਕੇ.ਤ੍ਰਿਪਾਠੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਉਨ੍ਹਾਂ ਨੂੰ Operation Sindoor ਬਾਰੇ ਸੰਖੇਪ ਜਾਣਕਾਰੀ ਦਿੱਤੀ।’’ ਬਿਆਨ ਵਿਚ ਕਿਹਾ ਗਿਆ ਕਿ ਰਾਸ਼ਟਰਪਤੀ ਮੁਰਮੂ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।