ਛੱਤੀਸਗੜ੍ਹ: ਬਸਵਰਾਜੂ ਸਣੇ 27 ਨਕਸਲੀ ਹਲਾਕ

ਛੱਤੀਸਗੜ੍ਹ: ਬਸਵਰਾਜੂ ਸਣੇ 27 ਨਕਸਲੀ ਹਲਾਕ

ਨਾਰਾਇਣਪੁਰ : ਛੱਤੀਸਗੜ੍ਹ ਦੇ ਬਸਤਰ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਸੀਪੀਆਈ ਮਾਓਵਾਦੀ ਦਾ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਰਾਜੂ ਸਮੇਤ ਘੱਟੋ-ਘੱਟ 27 ਨਕਸਲੀ ਮਾਰੇ ਗਏ ਹਨ। ਪੁਲੀਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦਾ ਜਵਾਨ ਸ਼ਹੀਦ ਹੋ ਗਿਆ, ਜਦਕਿ ਕੁੱਝ ਹੋਰ ਜ਼ਖ਼ਮੀ ਹੋਏ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਬਹੁਤੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਮਾਓਵਾਦੀ ਆਗੂ ਨੂੰ ਮਾਰ ਕੇ ਸੁਰੱਖਿਆ ਬਲਾਂ ਨੇ ‘ਇਤਿਹਾਸਕ ਸਫਲਤਾ’ ਹਾਸਲ ਕੀਤੀ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਨਾਰਾਇਣਪੁਰ-ਬੀਜਾਪੁਰ-ਦਾਂਤੇਵਾੜਾ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ’ਚ ਸਥਿਤ ਅਭੁਜਮਾੜ ਦੇ ਸੰਘਣੇ ਜੰਗਲਾਂ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਮਾਓਵਾਦੀਆਂ ਦੀ ਕੇਂਦਰੀ ਕਮੇਟੀ ਅਤੇ ਪੋਲਿਟ ਬਿਊਰੋ ਮੈਂਬਰਾਂ ਦੇ ਨਾਲ-ਨਾਲ ਸੀਨੀਅਰ ਮਾੜ ਡਿਵੀਜ਼ਨ ਕੇਡਰਾਂ ਅਤੇ ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ ਦੇ ਮੈਂਬਰਾਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਮਗਰੋਂ ਇਹ ਅਪਰੇਸ਼ਨ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ 27 ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ।

ਸਾਨੂੰ ਸੁਰੱਖਿਆ ਬਲਾਂ ’ਤੇ ਮਾਣ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਨੂੰ ਛੱਤੀਸਗੜ੍ਹ ਵਿੱਚ 27 ਮਾਓਵਾਦੀਆਂ ਨੂੰ ਮਾਰ ਮੁਕਾਉਣ ਵਾਲੇ ਸੁਰੱਖਿਆ ਬਲਾਂ ਦੇ ਜਵਾਨਾਂ ’ਤੇ ਮਾਣ ਹੈ। ਉਨ੍ਹਾਂ ਐਕਸ ’ਤੇ ਕਿਹਾ, ‘ਸਾਨੂੰ ਇਸ ਸ਼ਾਨਦਾਰ ਸਫਲਤਾ ਲਈ ਆਪਣੇ ਸੁਰੱਖਿਆ ਬਲਾਂ ’ਤੇ ਮਾਣ ਹੈ। ਸਾਡੀ ਸਰਕਾਰ ਮਾਓਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ।’ ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਛੱਤੀਸਗੜ੍ਹ ਮੁਕਾਬਲੇ ਵਿੱਚ ਮਾਰਿਆ ਗਿਆ ਸੀਪੀਆਈ ਮਾਓਵਾਦੀ ਦਾ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਰਾਜੂ ਨਕਸਲੀ ਲਹਿਰ ਦਾ ਪ੍ਰਮੁੱਖ ਆਗੂ ਸੀ। ਉਨ੍ਹਾਂ ਕਿਹਾ ਕਿ ਨਕਸਲਵਾਦ ਖ਼ਿਲਾਫ਼ ਭਾਰਤ ਦੀ ਤਿੰਨ ਦਹਾਕਿਆਂ ਲੰਬੀ ਲੜਾਈ ਵਿੱਚ ਪਹਿਲੀ ਵਾਰ ਜਨਰਲ ਸਕੱਤਰ ਪੱਧਰ ਦੇ ਕਿਸੇ ਆਗੂ ਨੂੰ ਮਾਰ ਮੁਕਾਇਆ ਗਿਆ ਹੈ। ਉਨ੍ਹਾਂ ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਿਆ।

Share: